ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 12 ਸਤੰਬਰ 2026 ਨੂੰ ਨਵੀਂ ਦਿੱਲੀ ਵਿੱਚ 18ਵੇਂ ਬ੍ਰਿਕਸ ਸਿਖ਼ਰ ਸੰਮੇਲਨ ਦੇ ਆਸੇ-ਪਾਸੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਦਾਤੋ’ ਸੇਰੀ ਅਨਵਰ ਬਿਨ ਇਬਰਾਹਿਮ ਨਾਲ ਦੁਵੱਲੀ ਬੈਠਕ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਇਬਰਾਹਿਮ ਦਾ ਭਾਰਤ ‘ਚ ਨਿੱਘਾ ਸਵਾਗਤ ਕੀਤਾ ਅਤੇ ਭਾਈਵਾਲ ਦੇਸ਼ ਵਜੋਂ ਬ੍ਰਿਕਸ ਸਿਖ਼ਰ ਸੰਮੇਲਨ ਵਿੱਚ ਮਲੇਸ਼ੀਆ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ। ਦੋਵਾਂ ਆਗੂਆਂ ਨੇ ਫਰਵਰੀ 2026 ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਮਲੇਸ਼ੀਆ ਯਾਤਰਾ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਅਤੇ ਵਪਾਰ ਤੇ ਨਿਵੇਸ਼, ਰੱਖਿਆ ਤੇ ਸੁਰੱਖਿਆ, ਸੈਮੀਕੰਡਕਟਰ, ਬੁਨਿਆਦੀ ਢਾਂਚਾ, ਡਿਜੀਟਲ ਅਰਥਵਿਵਸਥਾ, ਊਰਜਾ, ਵਿੱਤੀ ਤਕਨਾਲੋਜੀ, ਸਿੱਖਿਆ, ਸੈਰ-ਸਪਾਟਾ ਅਤੇ ਲੋਕਾਂ ਦਰਮਿਆਨ ਸਬੰਧਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਸਬਾਹ ਦੇ ਕੋਟਾ ਕਿਨਾਬਾਲੂ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਦੀ ਸਥਾਪਨਾ ਲਈ ਮਲੇਸ਼ੀਆ ਦੀ ਸਹਿਮਤੀ ਤੋਂ ਜਾਣੂ ਕਰਵਾਇਆ।
ਪ੍ਰਧਾਨ ਮੰਤਰੀ ਮੋਦੀ ਨੇ ਆਸੀਆਨ-ਭਾਰਤ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਲੇਸ਼ੀਆ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸਾਥ ਦੀ ਸ਼ਲਾਘਾ ਕੀਤੀ। ਦੋਵਾਂ ਆਗੂਆਂ ਨੇ ਆਪਸੀ ਹਿੱਤਾਂ ਨਾਲ ਜੁੜੇ ਪ੍ਰਮੁੱਖ ਖੇਤਰੀ ਅਤੇ ਵਿਸ਼ਵ ਪੱਧਰੀ ਮੁੱਦਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਆਪਣੀ ਨਿਰੰਤਰ ਵਚਨਬੱਧਤਾ ਪ੍ਰਗਟਾਈ।








