HomePatiala newsਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਪੀੜਤ ਦੀ ਆਵਾਜ਼ ਸੁਣੀ ਜਾਵੇਗੀ: ਜਤਿੰਦਰ...

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਪੀੜਤ ਦੀ ਆਵਾਜ਼ ਸੁਣੀ ਜਾਵੇਗੀ: ਜਤਿੰਦਰ ਸਿੰਘ ਸ਼ੰਟੀ

- Advertisement -spot_imgspot_imgspot_imgspot_img
ਰਾਜਪੁਰਾ, 4 ਅਕਤੂਬਰ:
ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਪੀੜਤਾਂ ਨੂੰ ਨਿਆਂ ਦਿਵਾਉਣਾ ਕਮਿਸ਼ਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੀੜਤ ਵਿਅਕਤੀ ਦੀ ਆਵਾਜ਼ ਨੂੰ ਹਰ ਹਾਲਤ ਵਿੱਚ ਸੁਣਿਆ ਜਾਵੇਗਾ।
ਰਾਜਪੁਰਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਪਦਮਸ਼੍ਰੀ ਸ਼ੰਟੀ ਨੇ ਕਿਹਾ ਕਿ “ਇਹ ਜਨਤਾ ਦੀ ਅਦਾਲਤ ਹੈ।” ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਇੱਥੇ ਆਉਂਦਾ ਹੈ, ਉਸਦੀ ਗੱਲ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਸ ਨੂੰ ਨਿਆਂ ਦਿਵਾਉਣ ਲਈ ਲੋੜੀਂਦੀ ਕਾਰਵਾਈ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਲਈ ਕਿਸੇ ਵੀ ਤਰ੍ਹਾਂ ਡਰਨ ਜਾਂ ਝਿਜਕਣ ਦੀ ਲੋੜ ਨਹੀਂ ਹੈ।
ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਏ.ਡੀ.ਸੀ. ਜਨਰਲ ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਗੁਰਦੇਵ ਸਿੰਘ ਧਮ, ਡੀ.ਐਸ.ਪੀ. ਰਸ਼ਪਾਲ ਸਿੰਘ ਸਮੇਤ ਸਿਹਤ ਵਿਭਾਗ, ਨਗਰ ਕੌਂਸਲ, ਬਿਜਲੀ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਲਈ ਵੀ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ ਹਸਪਤਾਲਾਂ ਵਿੱਚ ਢੁਕਵੀਆਂ ਮੁਰਦਾਘਰ ਸਹੂਲਤਾਂ ਅਤੇ ਐਂਬੂਲੈਂਸ ਸੇਵਾਵਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ, ਖਾਸ ਕਰਕੇ ਲਾਵਾਰਿਸ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਮਾਮਲਿਆਂ ਵਿੱਚ ਮ੍ਰਿਤਕ ਦੇਹ ਦਾ ਸਨਮਾਨਜਨਕ ਢੰਗ ਨਾਲ ਪ੍ਰਬੰਧਨ ਕਰਨਾ ਹਸਪਤਾਲਾਂ ਦੀ ਜ਼ਿੰਮੇਵਾਰੀ ਹੈ। ਅਜਿਹੇ ਮਾਮਲਿਆਂ ਵਿੱਚ ਮੁਫ਼ਤ ਜਾਂ ਸਹਾਇਤਾ ਪ੍ਰਾਪਤ ਸਸਕਾਰ ਜਾਂ ਦਫ਼ਨਾਉਣ ਦੀ ਵਿਵਸਥਾ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
ਪਦਮਸ਼੍ਰੀ ਸ਼ੰਟੀ ਨੇ ਸਫਾਈ ਕਰਮਚਾਰੀਆਂ ਦੀ ਸੁਰੱਖਿਆ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਲੋੜੀਂਦੇ ਸੁਰੱਖਿਆ ਉਪਕਰਨ, ਸੁਰੱਖਿਆ ਸਹੂਲਤਾਂ ਅਤੇ ਬੀਮਾ ਕਵਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਅਤੇ ਸਿਹਤ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਹੋਵੇ।
ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਹੋ ਰਹੀ ਠੱਗੀ ਦਾ ਗੰਭੀਰ ਨੋਟਿਸ ਲੈਂਦਿਆਂ ਪਦਮਸ਼੍ਰੀ ਸ਼ੰਟੀ ਨੇ ਕਿਹਾ ਕਿ ਝੂਠੇ ਵੀਜ਼ਿਆਂ, ਜਾਅਲੀ ਆਫਰ ਲੈਟਰਾਂ ਅਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਠੱਗਾਂ ਵੱਲੋਂ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣ ਦੇ ਮਾਮਲੇ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇਸ ਮੌਕੇ ਵੱਖ-ਵੱਖ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਵੀ ਪਦਮਸ਼੍ਰੀ ਸ਼ੰਟੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ।
ਏ.ਡੀ.ਸੀ. ਜਨਰਲ ਅਨੁਪ੍ਰਿਤਾ ਜੌਹਲ ਨੇ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸੂਬੇ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਨਾਲ ਸਬੰਧਤ ਮਾਮਲਿਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਮਕਸਦ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।
ਪਦਮਸ਼੍ਰੀ ਸ਼ੰਟੀ ਨੇ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮ ਬੇਹੱਦ ਜ਼ਰੂਰੀ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਜਾਂ ਕਿਸੇ ਵਿਅਕਤੀ ਨਾਲ ਬੇਇਨਸਾਫੀ ਹੁੰਦੀ ਹੈ ਤਾਂ ਉਹ ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ‘ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਲੋਕਾਂ ਦੀ ਸਹੂਲਤ ਲਈ 9855475547 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
- Advertisement -spot_imgspot_imgspot_imgspot_img
Stay Connected
spot_img
16,985FansLike
2,458FollowersFollow
61,453SubscribersSubscribe
Must Read
- Advertisement -spot_imgspot_imgspot_img
Related News